ਪੰਜਾਬ ਵਿੱਚ ਬੇਰੁਜ਼ਗਾਰੀ ਵਧਦੀ ਹੀ ਜਾ ਰਹੀ ਹੈ,ਪਰ ਕੈਪਟਨ ਸਰਕਾਰ ਵੱਲੋਂ ਬੇਰੁਜ਼ਗਾਰੀ ਨੂੰ ਘੱਟ ਕਰਨ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ।ਜਿਸ ਕਾਰਨ ਪੰਜਾਬ ਦੇ ਨੌਜਵਾਨ ਕੈਪਟਨ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰਦੇ ਦਿਖਾਈ ਦਿੰਦੇ ਹਨ।ਇਸ ਤੋਂ ਇਲਾਵਾ ਪੁਲੀਸ ਮੁਲਾਜ਼ਮਾਂ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਉੱਤੇ ਲਾਠੀਚਾਰਜ ਵੀ ਕੀਤਾ ਜਾਂਦਾ ਹੈ।ਪਹਿਲਾਂ ਕੱਚੇ ਅਧਿਆਪਕਾਂ ਈਟੀਟੀ ਅਤੇ ਟੈੱਟ ਪਾਸ ਨੌਜਵਾਨਾਂ ਵੱਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਹੁਣ ਪੰਜਾਬ ਦਾ ਨਾਮ ਉੱਚਾ ਕਰ ਚੁਕੇ ਖਿਡਾਰੀਆਂ ਵੱਲੋਂ ਵੀ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕੁਝ ਖਿਡਾਰੀ ਆਪਣੇ ਮੈਡਲ ਗਲਾਂ ਵਿੱਚ ਪਾ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ ਪ੍ਰਦਰਸ਼ਨ ਕਰ ਰਹੇ ਸੀ।ਪਰ ਉਥੇ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਮੀਡੀਆ ਨਾਲ ਗੱਲਬਾਤ ਕਰਨ ਦੌਰਾਨ ਇਨ੍ਹਾਂ ਖਿਡਾਰੀਆਂ ਨੇ ਕਿਹਾ ਕਿ ਜੇਕਰ ਉਹ ਦੂਸਰੇ ਦੇਸ਼ਾਂ ਨਾਲ ਲੜ ਕੇ ਆਪਣੇ ਦੇਸ਼ ਦਾ ਨਾਮ ਉੱਚਾ ਕਰਨ ਲਈ ਉਨ੍ਹਾਂ ਨੂੰ ਹਰਾ ਸਕਦੇ ਹਨ ਤਾਂ ਉਹ ਕੈਪਟਨ ਸਰਕਾਰ ਨੂੰ ਵੀ ਉਸ ਦੀ ਔਕਾਤ ਦਿਖਾ ਸਕਦੇ ਹਨ। ਇਨ੍ਹਾਂ ਖਿਡਾਰੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ ਉਨ੍ਹਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਵਾਅਦਿਆਂ ਤੋਂ ਮੁੱਕਰਿਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਜਦੋਂ ਅੱਜ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਧੱਕੇ ਨਾਲ ਪੁਲਿਸ ਵਾਲੀਆਂ ਗੱਡੀਆਂ ਵਿੱਚ ਬਿਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਸਮੇਂ ਬਹੁਤ ਸਾਰੇ ਖਿਡਾਰੀਆਂ ਦੇ ਮੈਡਲ ਅਤੇ ਟਰਾਫ਼ੀਆਂ ਟੁੱਟ ਗਈਆਂ।ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਲਈ ਇਨ੍ਹਾਂ ਖਿਡਾਰੀਆਂ ਦੀ ਕੋਈ ਵੀ ਅਹਿਮੀਅਤ ਨਹੀਂ ਹੈ।ਇਹ ਖਿਡਾਰੀ ਦਿਨ ਰਾਤ ਮਿਹਨਤ ਕਰਕੇ ਆਪਣੇ ਸੂਬੇ ਦਾ ਨਾਮ ਉੱਚਾ ਕਰਦੇ ਹਨ ਪਰ ਜਦੋਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਜਾ ਰਿਹਾ ਤਾਂ ਉਨ੍ਹਾਂ ਵੱਲੋਂ ਅੱਜ ਧਰਨਾ ਪ੍ਰਦਰਸ਼ਨ ਕੀਤਾ ਗਿਆ
ਅਤੇ ਆਪਣੀਆਂ ਮੰਗਾਂ ਸਰਕਾਰ ਸਾਹਮਣੇ ਰੱਖਣ ਦੀ ਕੋਸ਼ਿਸ਼ ਕੀਤੀ ਗਈ,ਪਰ ਸਰਕਾਰ ਨੇ ਇਨ੍ਹਾਂ ਨੂੰ ਜੇਲ੍ਹ ਦਾ ਰਸਤਾ ਦਿਖਾਇਆ ਹੈ।